ਬੇਅਦਬੀ ਲਈ ਸਜ਼ਾਵਾਂ ਬਾਰੇ ਨਵੇਂ ਸੋਧ ਬਿੱਲ 'ਤੇ ਰਾਜਪਾਲ ਨੇ ਲਗਾਈ ਮੁਹਰ, ਭਗਵੰਤ ਮਾਨ ਬੋਲੇ - 'ਹੁਣ ਇਹ ਬਿੱਲ ਕਾਨੂੰਨ ਬਣ ਗਿਆ ਹੈ'

ਤਸਵੀਰ ਸਰੋਤ, Getty Images

ਤਸਵੀਰ ਕੈਪਸ਼ਨ, ਆਮ ਆਦਮੀ ਪਾਰਟੀ ਨੇ ਲੰਘੀ 13 ਅਪ੍ਰੈਲ ਨੂੰ ਪੰਜਾਬ ਵਿਧਾਨ ਸਭਾ ਦਾ ਸੈਸ਼ਨ ਬੁਲਾ ਕੇ ਇਹ (ਸੋਧ) ਬਿੱਲ ਪੇਸ਼ ਕੀਤਾ ਸੀ, ਜਿਸ ਨੂੰ ਸਰਬ ਸੰਮਤੀ ਨਾਲ ਪਾਸ ਕਰ ਦਿੱਤਾ ਗਿਆ ਹੈ (ਫਾਈਲ ਫੋਟੋ)
ਪੜ੍ਹਨ ਦਾ ਸਮਾਂ: 5 ਮਿੰਟ

ਪੰਜਾਬ ਵਿਧਾਨ ਸਭਾ ਵਿੱਚ ਪਾਸ ਹੋਣ ਤੋਂ ਬਾਅਦ, ਜਾਗਤ ਜੋਤਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਬਿੱਲ-2026 ਨੂੰ ਸੂਬੇ ਦੇ ਰਾਜਪਾਲ ਦੀ ਵੀ ਮੰਜ਼ੂਰੀ ਮਿਲ ਗਈ ਹੈ।

ਆਮ ਆਦਮੀ ਪਾਰਟੀ ਨੇ ਲੰਘੀ 13 ਅਪ੍ਰੈਲ ਨੂੰ ਪੰਜਾਬ ਵਿਧਾਨ ਸਭਾ ਦਾ ਸੈਸ਼ਨ ਬੁਲਾ ਕੇ ਇਹ (ਸੋਧ) ਬਿੱਲ ਪੇਸ਼ ਕੀਤਾ ਸੀ, ਜਿਸ ਨੂੰ ਸਰਬ ਸੰਮਤੀ ਨਾਲ ਪਾਸ ਕਰ ਦਿੱਤਾ ਗਿਆ। ਹਾਲਾਂਕਿ ਉਸ ਵੇਲੇ ਖਦਸ਼ੇ ਪ੍ਰਗਟਾਏ ਜਾ ਰਹੇ ਸਨ ਕਿ ਕੀ ਇਸ ਬਿੱਲ ਨੂੰ ਰਾਜਪਾਲ ਵੱਲੋਂ ਪ੍ਰਵਾਨ ਕੀਤਾ ਜਾਵੇਗਾ ਜਾਂ ਨਹੀਂ।

ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਐਕਸ 'ਤੇ ਜਾਣਕਾਰੀ ਦਿੱਤੀ ਹੈ ਕਿ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਬਿੱਲ 'ਤੇ ਦਸਤਖ਼ਤ ਕਰ ਦਿੱਤੇ ਹਨ ਅਤੇ ਇਹ ਹੁਣ ਕਾਨੂੰਨ ਬਣ ਗਿਆ ਹੈ।

ਭਗਵੰਤ ਮਾਨ ਨੇ ਲਿਖਿਆ, ''ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਵਿਰੁੱਧ ਵਿਧਾਨ ਸਭਾ ਵਿੱਚ ਪਾਸ ਕੀਤੇ ਗਏ ਬਿੱਲ ਉੱਤੇ ਮਾਣਯੋਗ ਰਾਜਪਾਲ ਸ੍ਰੀ ਗੁਲਾਬ ਚੰਦ ਕਟਾਰੀਆ ਜੀ ਨੇ ਦਸਤਖ਼ਤ ਕਰ ਦਿੱਤੇ ਹਨ..ਹੁਣ ਇਹ ਬਿੱਲ ਕਾਨੂੰਨ ਬਣ ਗਿਆ ਹੈ..ਮੇਰੇ ਵਰਗੇ ਨਿਮਾਣੇ ਤੋਂ ਇਹ ਸੇਵਾ ਲੈਣ ਲਈ ਵਾਹਿਗੁਰੂ ਜੀ ਦਾ ਕੋਟਿਨ- ਕੋਟ ਧੰਨਵਾਦ..ਸਮੂਹ ਸੰਗਤ ਦਾ ਸ਼ੁਕਰਾਨਾ..।''

Sorry, we can’t display this part of the story on this lightweight mobile page.

ਤਸਵੀਰ ਸਰੋਤ, AAP

ਤਸਵੀਰ ਕੈਪਸ਼ਨ, ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਇਸ 'ਤੇ ਖੁਸ਼ੀ ਪ੍ਰਗਟਾਉਂਦਿਆਂ ਇੱਕ ਵੀਡੀਓ ਸੰਦੇਸ਼ ਜਾਰੀ ਕੀਤਾ ਅਤੇ ਕਿਹਾ ''ਗੁਰੂ ਸਾਹਿਬ ਨੇ ਬਹੁਤ ਵੱਡੀ ਕਿਰਪਾ ਕੀਤੀ ਹੈ। ਸਮੇਂ ਦੀ ਮੰਗ ਸੀ, ਇਨਸਾਨੀਅਤ ਦੀ ਮੰਗ ਸੀ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਦੀਆਂ ਪੰਜਾਬ ਵਿੱਚ ਹੋ ਰਹੀਆਂ ਬੇਅਦਬੀਆਂ ਨੂੰ ਰੋਕਣ ਲਈ ਸਖ਼ਤ ਕਾਨੂੰਨ ਬਣਾਇਆ ਜਾਵੇ।''

''ਅੱਜ ਮੈਂ ਸਾਡੇ ਮਾਨਯੋਗ ਗਵਰਨਰ ਸਾਬ੍ਹ ਦਾ ਧੰਨਵਾਦੀ ਹਾਂ, ਜਿਨ੍ਹਾਂ ਨੇ ਪੰਜਾਬ ਵਿਧਾਨ ਸਭਾ ਵੱਲੋਂ ਪਾਸ ਕੀਤੇ ਹੋਏ ਸਤਿਕਾਰ ਐਕਟ 'ਤੇ ਹਸਤਾਖਰ ਕਰ ਦਿੱਤੇ ਹਨ।''

ਉਨ੍ਹਾਂ ਕਿਹਾ ਕਿ ਉਹ ਅਕਾਲ ਪੁਰਖ ਦੇ ਸ਼ੁਕਰਗੁਜ਼ਾਰ ਹਨ, ਜਿਨ੍ਹਾਂ ਨੇ ਇਹ ਵੱਡੀ ਸੇਵਾ ਉਨ੍ਹਾਂ ਦੇ, ਉਨ੍ਹਾਂ ਦੀ ਪਾਰਟੀ ਦੀ ਝੋਲੀ ਪਾਈ।

ਕੀ ਹੈ ਨਵਾਂ ਸੋਧ ਕਾਨੂੰਨ

ਤਸਵੀਰ ਸਰੋਤ, Getty Images

ਤਸਵੀਰ ਕੈਪਸ਼ਨ, ਜਾਗਤ ਜੋਤਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਐਕਟ-2008, ਜੂਨ 2008 ਵਿੱਚ ਲਿਆਂਦਾ ਗਿਆ ਸੀ।

ਪੰਜਾਬ ਵਿਧਾਨ ਸਭਾ ਵਿੱਚ ਜਾਗਤ ਜੋਤਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਬਿੱਲ-2026 ਲੰਘੀ 13 ਅਪ੍ਰੈਲ ਨੂੰ ਪੇਸ਼ ਕੀਤਾ ਗਿਆ ਸੀ, ਜਿਸ ਨੂੰ ਸਰਬ ਸੰਮਤੀ ਨਾਲ ਪਾਸ ਕਰ ਦਿੱਤਾ ਗਿਆ ਅਤੇ ਰਾਜਪਾਲ ਦੇ ਦਸਤਖ਼ਤ ਮਗਰੋਂ ਇਹ ਹੁਣ ਕਾਨੂੰਨ ਬਣ ਗਿਆ ਹੈ।

ਪੰਜਾਬ ਸਰਕਾਰ ਵੱਲੋਂ ਬਣਾਏ ਇਸ ਕਾਨੂੰਨ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਨਾਲ ਜੁੜੀਆਂ ਘਟਨਾਵਾਂ ਲਈ ਦੋਸ਼ੀਆਂ ਨੂੰ ਉਮਰ ਕੈਦ ਤੱਕ ਦੀਆਂ ਸਜ਼ਾਵਾਂ ਅਤੇ 25 ਲੱਖ ਰੁਪਏ ਤੱਕ ਦੇ ਜੁਰਮਾਨੇ ਦੀ ਵਿਵਸਥਾ ਰੱਖੀ ਗਈ ਹੈ।

ਜਾਗਤ ਜੋਤਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਐਕਟ-2008, ਜੂਨ 2008 ਵਿੱਚ ਲਿਆਂਦਾ ਗਿਆ ਸੀ। ਇਸ ਦਾ ਮਕਸਦ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਛਪਾਈ, ਪਬਲਿਸ਼ਿੰਗ ਅਤੇ ਸਾਂਭਣ ਵਿੱਚ ਨਿੱਜੀ ਲੋਕਾਂ ਵੱਲੋਂ ਕੀਤੀਆਂ ਜਾ ਰਹੀਆਂ ਗਲਤੀਆਂ ਨੂੰ ਰੋਕਣਾ ਸੀ।

ਸੋਧ ਬਿੱਲ ਪੇਸ਼ ਕਰਦਿਆਂ ਸਦਨ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਸੀ ਕਿ ਗੁਰੂ ਗ੍ਰੰਥ ਸਾਹਿਬ ਦੇ ਸਰੂਪਾਂ ਦਾ ਪੂਰਾ ਰਿਕਾਰਡ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਕੋਲ ਰਹੇਗਾ, ਇਸ ਵਾਰ ਕਸਟੋਡੀਅਨ (ਕੋਈ ਵੀ ਵਿਅਕਤੀ, ਸੰਸਥਾ ਜਾਂ ਗੁਰਦੁਆਰਾ ਕਮੇਟੀ, ਜਿਸਨੂੰ ਗੁਰੂ ਗ੍ਰੰਥ ਸਾਹਿਬ ਦਾ ਸਰੂਪ ਅਧਿਕਾਰਕ ਤੌਰ 'ਤੇ ਪ੍ਰਦਾਨ ਕੀਤਾ ਗਿਆ ਹੋਵੇ) ਦੀ ਪਰਿਭਾਸ਼ਾ ਦਿੱਤੀ ਗਈ ਹੈ ਅਤੇ ਮਾਨਸਿਕ ਰੋਗੀ ਦੀ ਪਰਿਭਾਸ਼ਾ ਵੀ ਸ਼ਾਮਲ ਕੀਤੀ ਗਈ ਹੈ ਤਾਂ ਜੋ ਬੇਅਦਬੀ ਕਰਨ ਵਾਲੇ ਦੇ ਮਾਪਿਆਂ ਜਾਂ ਗਾਰਜੀਅਨ (ਦੇਖ ਭਾਲ ਕਰਨ ਵਾਲੇ) 'ਤੇ ਵੀ ਐਕਸ਼ਨ ਹੋ ਸਕੇ।

ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਕਿਹਾ ਕਿ "ਉਮਰ ਕੈਦ ਦਾ ਅਰਥ ਮੌਤ ਤੱਕ ਜੇਲ੍ਹ ਦੀ ਸਜ਼ਾ ਹੋਵੇਗੀ।"

ਨਵੇਂ ਕਾਨੂੰਨ ਵਿੱਚ ਕਿਹੜੀਆਂ ਵਿਵਸਥਾਵਾਂ ਜੋੜੀਆਂ ਗਈਆਂ

ਤਸਵੀਰ ਸਰੋਤ, Getty Images

ਤਸਵੀਰ ਕੈਪਸ਼ਨ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਮੁਤਾਬਕ ਨਵਾਂ ਬਿੱਲ ਸਿਰਫ਼ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਨਾਲ ਜੁੜਿਆ ਹੈ

ਖ਼ਬਰ ਏਜੰਸੀ ਪੀਟੀਆਈ ਮੁਤਾਬਕ, ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਬਿੱਲ ਪੇਸ਼ ਕਰਨ ਸਮੇਂ ਦਿੱਤੀ ਜਾਣਕਾਰੀ ਮੁਤਾਬਕ, ਬੇਅਦਬੀ ਦੇ ਦੋਸ਼ੀਆਂ 'ਤੇ 5 ਲੱਖ ਤੋਂ 25 ਲੱਖ ਰੁਪਏ ਤੱਕ ਦਾ ਜੁਰਮਾਨਾ ਲਗਾਇਆ ਜਾ ਸਕਦਾ ਹੈ।

ਜਾਗਤ ਜੋਤਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਕਾਨੂੰਨ-2026 ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਲਈ ਦੋਸ਼ੀ ਪਾਏ ਜਾਣ ਵਾਲਿਆਂ ਲਈ ਉਮਰ ਕੈਦ ਸਮੇਤ ਸਜ਼ਾਵਾਂ ਵਧਾਉਣ ਦੀ ਵਿਵਸਥਾ ਕੀਤੀ ਗਈ ਹੈ।

ਇਸ ਦੇ ਨਾਲ ਹੀ ਇਸ ਕਾਨੂੰਨ ਵਿੱਚ ਉਨ੍ਹਾਂ ਲੋਕਾਂ ਲਈ ਵੀ ਸਜ਼ਾ ਰੱਖੀ ਗਈ ਹੈ, ਜੋ ਮਾਨਸਿਕ ਤੌਰ ਉੱਤੇ ਬਿਮਾਰ ਵਿਅਕਤੀ ਰਾਹੀਂ ਬੇਅਦਬੀ ਦੀ ਘਟਨਾ ਕਰਵਾਉਂਦੇ ਹਨ।

ਹਰਪਾਲ ਸਿੰਘ ਚੀਮਾ ਦੁਆਰਾ ਦਿੱਤੀ ਜਾਣਕਾਰੀ ਮੁਤਾਬਕ, ਬੇਅਦਬੀ ਦੀਆਂ ਘਟਨਾਵਾਂ ਦੀ ਜਾਂਚ ਡੀਐੱਸਪੀ ਰੈਂਕ ਦੇ ਅਫ਼ਸਰ ਵੱਲੋਂ ਕੀਤੀ ਜਾਵੇਗੀ।

ਜਦੋਂ ਹਰਪਾਲ ਸਿੰਘ ਚੀਮਾ ਨੂੰ ਪੁੱਛਿਆ ਗਿਆ ਕਿ ਕੀ ਇਸ ਕਾਨੂੰਨ (ਸਵਾਲ ਪੁੱਛਣ ਸਮੇਂ ਬਿੱਲ) ਤਹਿਤ ਹੋਰ ਧਰਮਾਂ ਦੇ ਧਾਰਮਿਕ ਗ੍ਰੰਥ ਵੀ ਆਉਣਗੇ ਤਾਂ ਉਨ੍ਹਾਂ ਕਿਹਾ ਕਿ ਇਹ ਬਿੱਲ ਸਿਰਫ਼ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਨਾਲ ਹੀ ਜੁੜਿਆ ਹੈ।

ਸ਼੍ਰੋਮਣੀ ਕਮੇਟੀ ਦਾ ਕਹਿਣਾ ਹੈ ਕਿ ਪੰਜਾਬ ਸਰਕਾਰ ਵੱਲੋਂ ਉਨ੍ਹਾਂ ਤੋਂ ਇਸ ਬਿੱਲ ਬਾਰੇ ਕੋਈ ਰਾਇ ਨਹੀਂ ਲਈ ਗਈ।

ਇਸ ਬਾਰੇ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਕੋਲ ਪੂਰਾ ਸਮਾਂ ਸੀ ਕਿ ਉਹ ਪੰਜਾਬ ਸਰਕਾਰ ਦੀ ਸਿਲੈਕਟ ਕਮੇਟੀ ਅੱਗੇ ਬਿੱਲ ਬਾਰੇ ਆਪਣੇ ਵਿਚਾਰ ਪ੍ਰਗਟ ਕਰ ਸਕਦੇ ਸਨ, ਪਰ ਉਨ੍ਹਾਂ ਵੱਲੋਂ ਅਜਿਹਾ ਨਹੀਂ ਕੀਤਾ ਗਿਆ।

ਐਸਜੀਪੀਸੀ ਨੇ ਕੀ ਕਿਹਾ ਸੀ

ਤਸਵੀਰ ਸਰੋਤ, Getty Images

ਤਸਵੀਰ ਕੈਪਸ਼ਨ, ਐਡਵੋਕੇਟ ਹਰਜਿੰਦਰ ਸਿੰਘ ਧਾਮੀ (ਫਾਈਲ ਫੋਟੋ)

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੰਜਾਬ ਕੈਬਨਿਟ ਵੱਲੋਂ "ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਬਿੱਲ 2026" (ਹੁਣ ਕਾਨੂੰਨ) ਨੂੰ ਪ੍ਰਵਾਨ ਕੀਤੇ ਜਾਣ 'ਤੇ ਪ੍ਰਤੀਕਿਰਿਆ ਦਿੰਦਿਆਂ ਕਿਹਾ ਸੀ ਕਿ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਇਸ ਸਬੰਧੀ ਮੀਡੀਆ ਨੂੰ ਦਿੱਤੀ ਜਾਣਕਾਰੀ ਅਸਪਸ਼ਟਤਾ ਵਾਲੀ ਹੈ।

ਉਨ੍ਹਾਂ ਕਿਹਾ ਸੀ "ਹਕੀਕਤ ਤਾਂ ਇਹ ਹੈ ਕਿ ਸ਼੍ਰੋਮਣੀ ਕਮੇਟੀ ਵੱਲੋਂ ਬਣਾਈ ਗਈ ਉਚ ਪੱਧਰੀ ਕਮੇਟੀ ਨੇ ਸਰਕਾਰ ਦੀ ਸਲੈਕਟ ਕਮੇਟੀ ਅਤੇ ਸਰਕਾਰ ਤੱਕ ਕਈ ਵਾਰ ਪਹੁੰਚ ਕੀਤੀ ਪਰੰਤੂ ਸਰਕਾਰ ਵੱਲੋਂ ਕੋਈ ਹੁੰਗਾਰਾ ਨਹੀਂ ਮਿਲਿਆ।"

ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਮਾਮਲਾ ਸਿੱਖ ਭਾਵਨਾਵਾਂ ਨਾਲ ਜੁੜਿਆ ਹੋਇਆ ਹੈ ਅਤੇ ਸਰਕਾਰ ਇਸ ਦੀ ਅਹਿਮੀਅਤ ਨੂੰ ਸਮਝ ਨਹੀਂ ਰਹੀ।

ਉਨ੍ਹਾਂ ਕਿਹਾ ਸੀ ਕਿ ਲੱਗਦਾ ਹੈ ਕਿ ਸਰਕਾਰ ਦਾ ਮਕਸਦ ਇਸ ਮਾਮਲੇ ਤੇ ਕੇਵਲ ਸਿਆਸਤ ਕਰਨਾ ਹੈ, ਜੋ ਇਨ੍ਹਾਂ ਦੀ ਬਿਆਨਬਾਜ਼ੀ ਤੋਂ ਸਪਸ਼ਟ ਹੁੰਦਾ ਹੈ।

ਬੀਬੀਸੀ ਲਈ ਕਲੈਕਟਿਵ ਨਿਊਜ਼ਰੂਮ ਵੱਲੋਂ ਪ੍ਰਕਾਸ਼ਿਤ

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTER, WhatsApp ਅਤੇ YouTube 'ਤੇ ਜੁੜੋ।)